Home rss national punjabi2ਰਾਸ਼ਟਰੀ ਖ਼ਬਰਾਂ ਕੌਣ ਹੈ ਅਸ਼ਵਨੀ ਕੁਮਾਰ, ਜਿਸ ਨੂੰ ਪਰਵਿੰਦਰ ਝੋਟਾ ਦੇ ਕਤਲ ਦੇ ਇਲਜ਼ਾਮ...

ਕੌਣ ਹੈ ਅਸ਼ਵਨੀ ਕੁਮਾਰ, ਜਿਸ ਨੂੰ ਪਰਵਿੰਦਰ ਝੋਟਾ ਦੇ ਕਤਲ ਦੇ ਇਲਜ਼ਾਮ ‘ਚ ਕੀਤਾ ਗਿਆ ਹੈ ਗ੍ਰਿਫ਼ਤਾਰ

7
0

Source :- BBC PUNJABI

ਪਰਵਿੰਦਰ ਸਿੰਘ ਝੋਟਾ

ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪੰਜਾਬ ਪੁਲਿਸ ਮੁਤਾਬਕ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮਾਨਸਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਅਸ਼ਵਨੀ ਕੁਮਾਰ ਦੇ ਘਰ ਅਤੇ ਦੁਕਾਨ ਉੱਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਢਾਹ ਦਿੱਤਾ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਤੋਂ ਹੀ ਮਾਨਸਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਵੀਰਵਾਰ ਨੂੰ ਇਸੇ ਮੁੱਦੇ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਵੱਖ-ਵੱਖ ਸਿਆਸੀ ਜਥੇਬੰਦੀਆਂ, ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਨੇ ਹਮਾਇਤ ਦਿੱਤੀ ਹੈ।

ਅਸ਼ਵਨੀ ਕੁਮਾਰ ਦੀ ਦੁਕਾਨ ਨੂੰ ਵੀ ਜੇਸੀਬੀ ਨਾਲ ਢਾਹ ਦਿੱਤਾ ਗਿਆ ਹੈ। ਜਦੋਂ ਦੁਕਾਨ ਨੂੰ ਢਾਹਿਆ ਗਿਆ ਸੀ ਤਾਂ ਉਸ ਵੇਲੇ ਪ੍ਰਸ਼ਾਸਨ ਦਾ ਕੋਈ ਵਿਅਕਤੀ ਉਸ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਸੀ।

ਭੀੜ ਵੱਲੋਂ ਪਹਿਲਾਂ ਦੁਕਾਨ ਦੇ ਸ਼ਟਰ ਭੰਨੇ ਗਏ। ਫਿਰ ਦੁਕਾਨ ਦੇ ਅੰਦਰ ਭੰਨਤੋੜ ਕੀਤੀ ਗਈ ਅਤੇ ਦੁਕਾਨ ਨੂੰ ਅੱਗ ਵੀ ਲਗਾ ਦਿੱਤੀ ਗਈ।

ਪ੍ਰਸ਼ਾਸਨ ਵੱਲੋਂ ਅੱਗ ਨੂੰ ਬੁਝਾ ਦਿੱਤਾ ਗਿਆ ਅਤੇ ਜੇਸੀਬੀ ਨਾਲ ਦੁਕਾਨ ਢਾਹ ਦਿੱਤੀ ਗਈ।

ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਬੁੱਧਵਾਰ ਨੂੰ ਕਾਂਗਰਸ, ਵਾਰਿਸ ਪੰਜਾਬ ਦੇ ਜਥੇਬੰਦੀ ਅਤੇ ਭਾਜਪਾ ਆਗੂਆਂ ਨੇ ਮਾਨਸਾ ਜਾ ਕੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੀ ਗੱਲ ਕੀਤੀ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ। ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡਾ. ਬਲਬੀਰ ਸਿੰਘ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਅਸ਼ਵਨੀ ਕੁਮਾਰ (ਮੈਡੀਕਲ ਸਟੋਰ ਦੇ ਮਾਲਕ) ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਨਾਮ ਦੇ ਵਿਅਕਤੀ ਖ਼ਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ, ਜਿਸ ਵਿੱਚ ਝੋਟਾ ਦੁਕਾਨ ਮਾਲਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।

ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ, ਜੋ ਕਿ ਪਰਵਿੰਦਰ ਸਿੰਘ ਝੋਟਾ ਨੂੰ ਲੱਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ।

ਇੱਕ ਹੋਰ ਵੀਡੀਓ ਵਿੱਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਕੁਮਾਰ ਹੱਥ ਵਿੱਚ ਪਿਸਤੌਲ ਲੈ ਕੇ ਬਾਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਆਵਾਜ਼ ਇਸ ਵੀਡੀਓ ਵਿੱਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖ਼ਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ ਜ਼ਖ਼ਮੀ ਹਾਲਤ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਅਜੇ ਵੀ ਨਹੀਂ ਹੋਇਆ।

ਪੰਜਾਬ ਦੇ ਏਡੀਜੀਪੀ ਪੀਕੇ ਸਿਨਹਾ ਮੁਤਾਬਕ ਮੁਲਜ਼ਮ ਅਸ਼ਵਨੀ ਕੁਮਾਰ ਕੋਲ ਲਾਇਸੰਸਸ਼ੁਦਾ ਪਿਸਤੌਲ ਸੀ, ਜੋ ਘਟਨਾ ਵਿੱਚ ਵਰਤਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਸ਼ਵਨੀ ਕੁਮਾਰ ਨੂੰ ਅਸਲੇ ਦਾ ਲਾਇਸੰਸ ਕਿਸ ਤਰੀਕੇ ਨਾਲ ਮਿਲਿਆ, ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੀਡੀਆ ਪਲੇਬੈਕ ਤੁਹਾਡੀ ਡਿਵਾਈਸ ‘ਤੇ ਸਪੋਰਟ ਨਹੀਂ ਕਰਦਾ

source : BBC PUNJABI