Source :- BBC PUNJABI

ਭਗਵੰਤ ਮਾਨ

ਤਸਵੀਰ ਸਰੋਤ, X/bhagwantmann

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ, ਮੰਗਲਵਾਰ ਨੂੰ ਭਗਵੰਤ ਮਾਨ ਨੇ ਆਪਣੀ ਸਫ਼ਾਈ ਦਿੱਤੀ।

ਮੁੱਖ ਮੰਤਰੀ ਨੇ ਆਪਣੇ ਖ਼ਿਲਾਫ਼ ਆਏ ਫ਼ੈਸਲੇ ਨੂੰ ਲੈ ਕੇ ਅਕਾਲ ਤਖ਼ਤ ਦੀਆਂ ਨਿਯੁਕਤੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਵੀ ਨਿਸ਼ਾਨੇ ‘ਤੇ ਲਿਆ, ਪਰ ਉਨ੍ਹਾਂ ਕਿਹਾ ਕਿ ਉਹ “ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲੈਣ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ।”

ਮੁੱਖ ਮੰਤਰੀ ਵਿਰੁੱਧ ਇਹ ਫ਼ੈਸਲਾ ਇੱਕ ਵਿਵਾਦਿਤ ਵੀਡੀਓ ਦੇ ਸਬੰਧ ਵਿੱਚ ਆਇਆ ਸੀ। ਅਕਾਲ ਤਖ਼ਤ ਦੇ ਜਥੇਦਾਰ ਮੁਤਾਬਕ, ਇਸ ਵੀਡੀਓ ਵਿੱਚ ਭਗਵੰਤ ਮਾਨ ‘ਤੇ ਸਿੱਖ ਗੁਰੂ ਸਾਹਿਬਾਨ ਅਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨਾਲ ਅਣਉਚਿਤ ਹਰਕਤਾਂ ਕਰਨ ਦੇ ਇਲਜ਼ਾਮ ਹਨ।

ਇਸ ਦੇ ਨਾਲ ਹੀ, ਕਾਰਜਕਾਰੀ ਜਥੇਦਾਰ ਵੱਲੋਂ ਬੇਅਦਬੀ ਬਾਰੇ ਸੋਧ ਐਕਟ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਤਲਬ ਕੀਤਾ ਗਿਆ ਹੈ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਨਮਾਨ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਮੁੱਖ ਮੰਤਰੀ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਕੀ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਏ ਇਸ ਫ਼ੈਸਲੇ ਦਾ ਚੋਣਾਂ ‘ਤੇ ਕੋਈ ਅਸਰ ਪਵੇਗਾ ਅਤੇ ਆਮ ਆਦਮੀ ਪਾਰਟੀ ਲਈ ਇਹ ਕਿੰਨੀ ਸੰਕਟ ਵਾਲੀ ਸਥਿਤੀ ਹੈ?

ਭਗਵੰਤ ਮਾਨ ਦੀ ਸਫ਼ਾਈ ਅਤੇ ਐੱਸਜੀਪੀਸੀ ‘ਤੇ ‘ਹਮਲਾ’

ਸ੍ਰੀ ਅਕਾਲ ਤਖ਼ਤ

ਤਸਵੀਰ ਸਰੋਤ, Shiromani Gurdwara Parbandhak Committee/FB

ਪੰਜਾਬ ਵਿੱਚ ਸਿੱਖ ਭਾਈਚਾਰੇ ਦੀ ਵੱਡੀ ਆਬਾਦੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਖੁਦ ਵੀ ਸਿੱਖ ਭਾਈਚਾਰੇ ਨਾਲ ਸਬੰਧ ਰੱਖਦੇ ਹਨ, ਪਰ ਉਹ ਅਕਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਨਿਸ਼ਾਨੇ ਸਾਧਦੇ ਰਹੇ ਹਨ।

ਹਾਲਾਂਕਿ, ਮੰਗਲਵਾਰ ਨੂੰ ਮੁੱਖ ਮੰਤਰੀ ਨੇ ਕਥਿਤ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਨਾ ਤਾਂ ਉਸ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਨਾਲ ਉਨ੍ਹਾਂ ਦਾ ਕੱਦ-ਕਾਠ ਮਿਲਦਾ ਹੈ ਅਤੇ ਨਾ ਹੀ ਸਰੀਰਕ ਬਣਤਰ।

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ ਅਤੇ ਇਸ ਲਈ ਧਰਮ ਨੂੰ ਵੀ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ, “ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਬਉੱਚ ਮੰਨਦਾ ਹਾਂ, ਪਰ ਉੱਥੇ ਹੋਈਆਂ ਸਿਆਸੀ ਨਿਯੁਕਤੀਆਂ ਕਿਸ ਤਰ੍ਹਾਂ ਦੇ ਫ਼ੈਸਲੇ ਕਰਦੀਆਂ ਹਨ, ਇਹ ਸਿੱਖ ਸੰਗਤ ਭਲੀ-ਭਾਂਤ ਜਾਣਦੀ ਹੈ।”

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਐੱਸਜੀਪੀਸੀ ‘ਤੇ ਨਿਸ਼ਾਨਾ ਸਾਧਦਿਆਂ ਐਕਸ ‘ਤੇ ਲਿਖਿਆ, “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਹਨ। ਹੁਣ ਬੱਸ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ, ਨਹੀਂ ਤਾਂ ਪੰਥ ਖ਼ਤਰੇ ਵਿੱਚ ਹੈ। ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ।”

ਇਸ ਮਾਹੌਲ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਸਮਰਥਨ ਵਿੱਚ ਆਏ।

ਕੇਜਰੀਵਾਲ ਨੇ ਐਕਸ ‘ਤੇ ਲਿਖਿਆ, “ਭਗਵੰਤ ਮਾਨ ਦੇ ਚੰਗੇ ਕੰਮਾਂ ਤੋਂ ਬੌਖ਼ਲਾਏ ਵਿਰੋਧੀ ਝੂਠ ਬੋਲ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਕੀ ਕਿਹਾ?

ਅਕਾਲ ਤਖ਼ਤ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ‘ਗੁਰੂ ਦੋਖੀ’ ਕਰਾਰ ਦਿੱਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਵੀ ਮੰਤਰੀ ਜਾਂ ਅਫ਼ਸਰ ਰਾਬਤਾ ਨਾ ਰੱਖੇ। ਸਾਨੂੰ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਦੀ ਜਾਂਚ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ ਫ਼ੈਸਲਾ ਆਇਆ ਹੈ, ਉਸ ਨੂੰ ਅਸੀਂ ਸਿਰ-ਮੱਥੇ ਪ੍ਰਵਾਨ ਕਰਦੇ ਹਾਂ। ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਮੰਨਿਆ ਜਾਵੇ।”

ਇਸ ਦੇ ਨਾਲ ਹੀ ਚੰਨੀ ਨੇ ਭਗਵੰਤ ਮਾਨ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ। ਇਸ ਸਰਕਾਰ ਅਤੇ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਸਮੂਹ ਸਿੱਖ ਮੈਂਬਰਾਂ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਆਦੇਸ਼ ਦੀ ਪਾਲਣਾ ਕਰਦਿਆਂ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ।”

ਕੇਵਲ ਸਿੰਘ ਢਿੱਲੋਂ ਅਤੇ ਚਰਨਜੀਤ ਸਿੰਘ ਚੰਨ

‘ਆਪ’ ਦਾ ਸੰਕਟ ਅਤੇ ਚੋਣਾਂ ‘ਤੇ ਅਸਰ

ਭਗਵੰਤ ਮਾਨ

ਤਸਵੀਰ ਸਰੋਤ, X/bhagwantmann

ਸਿੱਖ ਮਾਮਲਿਆਂ ਦੇ ਜਾਣਕਾਰ ਅਤੇ ਸਿਆਸੀ ਮਾਹਰ ਮੰਨਦੇ ਹਨ ਕਿ ਸਿੱਖ ਧਰਮ ਨੂੰ ਮੰਨਣ ਵਾਲੇ ਲੋਕਾਂ ਦੇ ਮਨਾਂ ‘ਤੇ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਸਰ ਪੈਂਦਾ ਹੈ।

ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਖ਼ਾਲਿਦ ਮੁਹੰਮਦ ਕਹਿੰਦੇ ਹਨ, “ਪੰਜਾਬ ਵਿੱਚ ਜੋ ਲੋਕ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਜਥੇਬੰਦੀਆਂ ਨਾਲ ਜੁੜੇ ਹੋਏ ਹਨ, ਉਨ੍ਹਾਂ ਦੇ ਦਿਮਾਗ ‘ਤੇ ਇਸ ਦਾ ਅਸਰ ਹੋਵੇਗਾ।”

“ਸਿਆਸੀ ਪਾਰਟੀਆਂ, ਖ਼ਾਸ ਕਰਕੇ ਅਕਾਲੀ ਦਲ, ਇਸ ਨੂੰ ਭਗਵੰਤ ਮਾਨ ਦੇ ਵਿਰੁੱਧ ਵਰਤਣਗੀਆਂ। ਹਾਲਾਂਕਿ ਇਸ ਦਾ ਇਹ ਮਤਲਬ ਨਹੀਂ ਕਿ ਇਹ ਚੋਣ ਨਤੀਜੇ ਪਲਟਣ ਵਾਲਾ ਅਸਰ ਹੋਵੇਗਾ, ਪਰ ਜੇਕਰ ਭਗਵੰਤ ਮਾਨ ਅਕਾਲ ਤਖ਼ਤ ਨਾਲ ਟਕਰਾਅ ਦਾ ਰਾਹ ਅਪਣਾਉਂਦੇ ਹਨ ਤਾਂ ਇਸ ਦਾ ਅਸਰ ਹੋਰ ਹੋ ਸਕਦਾ ਹੈ।”

ਉਹ ਕਹਿੰਦੇ ਹਨ, “ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਇਸ ਸਥਿਤੀ ਨਾਲ ਕਿਵੇਂ ਨਜਿੱਠਦੇ ਹਨ।”

ਹਾਲਾਂਕਿ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਖ ਸਟੱਡੀ ਚੇਅਰ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਕਹਿੰਦੇ ਹਨ ਕਿ ਇਸ ਫ਼ੈਸਲੇ ਦਾ ਚੋਣਾਂ ‘ਤੇ ਕੀ ਅਸਰ ਪੈਂਦਾ ਹੈ, ਇਹ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ।

ਅਮਰਜੀਤ ਸਿੰਘ ਮੁਤਾਬਕ, “ਜੋ ਲੋਕ ਫ਼ੈਸਲੇ ਕਰ ਰਹੇ ਹਨ, ਉਨ੍ਹਾਂ ਦੀ ਆਪਣੀ ਭਰੋਸੇਯੋਗਤਾ ਦਾ ਵੀ ਸਵਾਲ ਬਣ ਰਿਹਾ ਹੈ। ਭਾਵੇਂ ਉਨ੍ਹਾਂ ਦੀ ਭਾਵਨਾ ਠੀਕ ਵੀ ਹੋਵੇ, ਪਰ ਜੋ ਸੰਗਤ ਇਹ ਸ਼ੱਕ ਕਰਦੀ ਹੈ ਕਿ ਇੱਕ ਪਰਿਵਾਰ ਦੇ ਪ੍ਰਭਾਵ ਹੇਠ ਫ਼ੈਸਲੇ ਹੁੰਦੇ ਹਨ, ਉਹ ਪੱਖ ਵੀ ਰਿਕਾਰਡ ਦਾ ਹਿੱਸਾ ਹੈ।”

ਪੰਜਾਬ ਸਰਕਾਰ ਵੱਲੋਂ ਬੇਅਦਬੀ ਬਾਰੇ ਕਾਨੂੰਨ ਬਣਾਏ ਜਾਣ ਦੇ ਮਾਮਲੇ ‘ਤੇ ਖ਼ਾਲਿਦ ਕਹਿੰਦੇ ਹਨ, “ਜੇਕਰ ਕਾਨੂੰਨ ਬਣਾਉਣ ਸਮੇਂ ਸਰਕਾਰ ਅਕਾਲ ਤਖ਼ਤ ਜਾਂ ਐੱਸਜੀਪੀਸੀ ਨੂੰ ਵਿਸ਼ਵਾਸ ਵਿੱਚ ਲੈ ਲੈਂਦੀ ਤਾਂ ਬਿਹਤਰ ਰਹਿੰਦਾ। ਕਿਉਂਕਿ ਹੁਣ ਕਿਸੇ ਵੀ ਪਾਰਟੀ ਦਾ ਕੋਈ ਵੀ ਸਿੱਖ ਵਿਧਾਇਕ ਹੋਵੇ, ਜੇਕਰ ਉਹ ਅਕਾਲ ਤਖ਼ਤ ਦੇ ਆਦੇਸ਼ ਨਹੀਂ ਮੰਨੇਗਾ ਤਾਂ ਉਸ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।”

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI