Source :- BBC PUNJABI
ਅਦਾਲਤ ਨੇ ਆਰਜੀ ਕਰ ਹਸਪਤਾਲ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੰਜੇ ਰਾਏ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਅਦਾਲਤ ਸੋਮਵਾਰ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਏਗੀ। ਪਿਛਲੇ ਸਾਲ ਅਗਸਤ ਵਿੱਚ ਵਾਪਰੀ ਇਸ ਘਟਨਾ ਨੇ ਪੂਰੇ ਪੱਛਮੀ ਬੰਗਾਲ ਵਿੱਚ ਲੋਕ ਰੋਹ ਨੂੰ ਜਨਮ ਦਿੱਤਾ ਸੀ।
9 ਅਗਸਤ, 2024 ਨੂੰ, ਇੱਕ 31 ਸਾਲਾ ਮਹਿਲਾ ਟ੍ਰੇਨੀ ਡਾਕਟਰ ਦੀ ਲਾਸ਼ ਹਸਪਤਾਲ ਦੇ ਕਾਨਫਰੰਸ ਰੂਮ ਵਿੱਚ ਮਿਲੀ ਸੀ।
ਜਾਂਚ ‘ਚ ਸਾਹਮਣੇ ਆਇਆ ਕਿ ਇਸ ਡਾਕਟਰ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
ਇਸ ਘਟਨਾ ਤੋਂ ਬਾਅਦ ਕੋਲਕਾਤਾ ਵਿੱਚ ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਸੂਬੇ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਸਿਹਤ ਸੇਵਾਵਾਂ ਠੱਪ ਹੋ ਰਹੀਆਂ ਸਨ।
ਸ਼ਨੀਵਾਰ ਨੂੰ ਅਦਾਲਤ ਨੇ ਕੀ ਕਿਹਾ?
ਇਸ ਘਟਨਾ ਨੂੰ ਪੰਜ ਮਹੀਨੇ ਬੀਤ ਚੁੱਕੇ ਹਨ ਅਤੇ ਹੁਣ ਸ਼ਨੀਵਾਰ ਨੂੰ ਕੋਲਕਾਤਾ ਦੀ ਸਿਆਲਦਾਹ ਅਦਾਲਤ ਨੇ ਇਸ ਮਾਮਲੇ ‘ਚ ਫ਼ੈਸਲਾ ਸੁਣਾਇਆ ਹੈ।
ਫ਼ੈਸਲਾ ਸੁਣਾਉਂਦੇ ਸਮੇਂ ਅਦਾਲਤ ਦੇ ਵਿਸ਼ੇਸ਼ ਜੱਜ ਅਨਿਰਬਾਨ ਦਾਸ ਨੇ ਸੰਜੇ ਰਾਏ ਵੱਲ ਦੇਖਦੇ ਹੋਏ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਦੇ ਸਬੂਤ ਪੇਸ਼ ਕੀਤੇ ਹਨ, ਜਿਹੜੇ ਉਨਾਂ ਦਾ ਜੁਰਮ ਨੂੰ ਸਾਬਤ ਕਰਦੇ ਹਨ।
ਉਨ੍ਹਾਂ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਅਤੇ 103 (1) ਤਹਿਤ ਦੋਸ਼ੀ ਪਾਇਆ ਗਿਆ ਹੈ।
ਅਦਾਲਤ ਨੇ ਕਿਹਾ ਕਿ ਇਸ ਮਾਮਲੇ ‘ਚ ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ, ਜਿਸ ਦੌਰਾਨ ਮੁਲਜ਼ਮ ਸੰਜੇ ਰਾਏ ਨੂੰ ਅਦਾਲਤ ‘ਚ ਹਾਜ਼ਰ ਰਹਿਣਾ ਪਵੇਗਾ।
ਇਸ ਮਾਮਲੇ ਵਿੱਚ ਸੀਬੀਆਈ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਸਥਾਨਕ ਟਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਅਭਿਜੀਤ ਮੰਡਲ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ, ਜਿਸ ਕਾਰਨ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।
ਪਰ ਮ੍ਰਿਤਕ ਡਾਕਟਰ ਦੇ ਮਾਪਿਆਂ ਨੇ ਸੀਬੀਆਈ ਜਾਂਚ ਨੂੰ ਲੈ ਕੇ ਅਸੰਤੁਸ਼ਟੀ ਪ੍ਰਗਟਾਈ ਹੈ ਅਤੇ ਉਨ੍ਹਾਂ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਸੁਪਰੀਮ ਕੋਰਟ ਅਤੇ ਕਲਕੱਤਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਿਆਲਦਾਹ ਦੀ ਵਿਸ਼ੇਸ਼ ਅਦਾਲਤ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਉਣ ਤੋਂ ਰੋਕਿਆ ਜਾਵੇ ਅਤੇ ਪੂਰੇ ਮਾਮਲੇ ਦੀ ਨਵੇਂ ਸਿਰਿਓਂ ਜਾਂਚ ਕੀਤੀ ਜਾਵੇ।
ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਨਾਲ ਜੁੜੀਆਂ ਕੁਝ ਅਹਿਮ ਤਾਰੀਖਾਂ ‘ਤੇ ਇੱਕ ਨਜ਼ਰ ਮਾਰਦੇ ਹਾਂ।
ਕਦੋਂ ਕੀ ਹੋਇਆ
9 ਅਗਸਤ, 2024
ਟ੍ਰੇਨੀ ਮਹਿਲਾ ਡਾਕਟਰ ਦੀ ਲਾਸ਼ ਸਵੇਰੇ ਸੈਮੀਨਾਰ ਹਾਲ ਵਿੱਚੋਂ ਮਿਲੀ। ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ।
ਰਾਤ ਦਾ ਖਾਣਾ ਖਾ ਕੇ ਡਾਕਟਰ ਸੈਮੀਨਾਰ ਹਾਲ ਵਿੱਚ ਸੌਂ ਗਈ ਸੀ।
ਪੁਲਿਸ ਮੁਤਾਬਕ ਬਲਾਤਕਾਰ ਅਤੇ ਕਤਲ ਦੀ ਇਹ ਘਟਨਾ ਰਾਤ 3 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਵਾਪਰੀ। ਇਸ ਤੋਂ ਬਾਅਦ ਡਾਕਟਰਾਂ ਨੇ ਇਸ ਘਟਨਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
10 ਅਗਸਤ, 2024
ਪੁਲਿਸ ਨੇ ਟਾਸਕ ਫੋਰਸ ਬਣਾਈ ਹੈ। ਜਾਂਚ ਸ਼ੁਰੂ ਹੋਣ ਦੇ ਛੇ ਘੰਟਿਆਂ ਦੇ ਅੰਦਰ ਹੀ ਮੁਲਜ਼ਮ ਸੰਜੇ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸੀਸੀਟੀਵੀ ਤੋਂ ਇਲਾਵਾ ਪੁਲਿਸ ਨੂੰ ਸੈਮੀਨਾਰ ਹਾਲ ਵਿੱਚੋਂ ਇੱਕ ਟੁੱਟਿਆ ਬਲੂਟੁੱਥ ਈਅਰਫ਼ੋਨ ਮਿਲਿਆ ਸੀ। ਇਹ ਮੁਲਜ਼ਮ ਦੇ ਫ਼ੋਨ ਨਾਲ ਜੁੜਿਆ ਹੋਇਆ ਸੀ।
ਇਸ ਦੇ ਜ਼ਰੀਏ ਪੁਲਿਸ ਸੰਜੇ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲ ਰਹੀ।
12 ਅਗਸਤ, 2024
ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਨੇ ਅਸਤੀਫ਼ਾ ਦਿੱਤਾ
13 ਅਗਸਤ, 2024
ਕੋਲਕਾਤਾ ਹਾਈ ਕੋਰਟ ਨੇ ਕਿਹਾ ਕਿ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਹੀਂ ਹੋਈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ।
15 ਅਗਸਤ, 2024
14 ਅਤੇ 15 ਅਗਸਤ ਦੀ ਦਰਮਿਆਨੀ ਰਾਤ ਨੂੰ ਕੋਲਕਾਤਾ ਸ਼ਣੇ ਕਈ ਥਾਵਾਂ ਉੱਤੇ ਮਹਿਲਾ ਸੰਗਠਨਾਂ ਅਤੇ ਸਿਵਲ ਸੁਸਾਇਟੀ ਨਾਲ ਜੁੜੇ ਲੋਕਾਂ ਨੇ ‘ਰੀਕਲੇਮ ਦਾ ਨਾਈਟ’ ਦਾ ਨਾਅਰਾ ਦਿੱਤਾ ਅਤੇ ਔਰਤਾਂ ਨੂੰ ਸੜਕਾਂ ‘ਤੇ ਆਉਣ ਦਾ ਸੱਦਾ ਦਿੱਤਾ।
14-15 ਅਗਸਤ ਦੀ ਰਾਤ ਨੂੰ ਆਰਜੀ ਕਰ ਹਸਪਤਾਲ ਵਿੱਚ ਡਾਕਟਰਾਂ ਦੇ ਧਰਨੇ ਵਾਲੀ ਥਾਂ ‘ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ।
16 ਅਗਸਤ, 2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖ਼ੁਦ ਸੜਕ ‘ਤੇ ਮਾਰਚ ਕੱਢਿਆ। ਇਸ ਮਾਰਚ ਦੀ ਭਾਜਪਾ ਅਤੇ ਕਈ ਹੋਰ ਲੋਕਾਂ ਵੱਲੋਂ ਆਲੋਚਨਾ ਕੀਤੀ ਗਈ।
ਸੁਪਰੀਮ ਕੋਰਟ ਨੇ ਖ਼ੁਦ ਨੋਟਿਸ ਲਿਆ
20 ਅਗਸਤ, 2024
ਸੁਪਰੀਮ ਕੋਰਟ ਨੇ ਕੋਲਕਾਤਾ ਰੇਪ-ਕਤਲ ਮਾਮਲੇ ‘ਤੇ ਖ਼ੁਦ ਨੋਟਿਸ ਲੈਂਦਿਆਂ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਲਈ ਸੁਰੱਖਿਆ ਪ੍ਰਬੰਧਾਂ ਦੀ ਘਾਟ ‘ਤੇ ਚਿੰਤਾ ਪ੍ਰਗਟ ਕਰਾਈ ਅਤੇ ਇੱਕ ਕੌਮੀ ਟਾਸਕ ਫੋਰਸ ਦਾ ਗਠਨ ਕੀਤਾ।
21 ਅਗਸਤ, 2024
ਆਰਜੀ ਕਰ ਮੈਡੀਕਲ ਕਾਲਜ ਦੀ ਸੁਰੱਖਿਆ ਸੀਆਈਐੱਸਐੱਫ਼ ਨੇ ਸੰਭਾਲੀ।
22 ਅਗਸਤ, 2024
ਡਾਕਟਰਾਂ ਨੇ 11 ਦਿਨਾਂ ਬਾਅਦ ਆਪਣੀ ਹੜਤਾਲ ਵਾਪਸ ਲੈ ਲਈ ਹੈ।
27 ਅਗਸਤ, 2024
ਵਿਦਿਆਰਥੀਆਂ ਨੇ ਡਾਕਟਰ ਦੇ ਬਲਾਤਕਾਰ ਅਤੇ ਕਤਲ ਕੇਸ ਦੇ ਖ਼ਿਲਾਫ਼ ਸੂਬਾ ਸਕੱਤਰੇਤ ਯਾਨੀ ‘ਨਬਾਨ ਭਵਨ’ ਤੱਕ ਰੋਸ ਮਾਰਚ ਕਰਨ ਦੀ ਅਪੀਲ ਕੀਤੀ।
ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਵੀ ਹੋਈ।
ਨਵੀਂ ਵਿਦਿਆਰਥੀ ਜਥੇਬੰਦੀ ‘ਪੱਛਮ ਬੰਗ ਛਾਤਰ ਸਮਾਜ’ ਨੇ ਇਸ ਰੋਸ ਮਾਰਚ ਨੂੰ ‘ਨਬਾਨ ਅਭਿਆਨ’ ਦਾ ਨਾਂ ਦਿੱਤਾ ਸੀ।
ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੀ ਦੀ ਮੰਗ ਕੀਤੀ।
28 ਅਗਸਤ, 2024
ਵਿਰੋਧ ਪ੍ਰਦਰਸ਼ਨਾਂ ਦੌਰਾਨ ਤਾਕਤ ਦੀ ਵਰਤੋਂ ਅਤੇ ਵਿਦਿਆਰਥੀਆਂ ਦੀਆਂ ਗ੍ਰਿਫ਼ਤਾਰੀਆਂ ਦੇ ਖ਼ਿਲਾਫ਼ ਭਾਜਪਾ ਨੇ 12 ਘੰਟੇ ਦੇ ਬੰਗਾਲ ਬੰਦ ਦਾ ਸੱਦਾ ਦਿੱਤਾ ਹੈ।
ਸੱਤਾਧਾਰੀ ਟੀਐੱਮਸੀ ਨੇ ਇਲਜ਼ਾਮ ਲਾਇਆ ਕਿ ਭਾਜਪਾ ਸੂਬੇ ਵਿੱਚ ‘ਅਰਾਜਕਤਾ’ ਪੈਦਾ ਕਰਨਾ ਚਾਹੁੰਦੀ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
source : BBC PUNJABI