Home rss national punjabi2ਰਾਸ਼ਟਰੀ ਖ਼ਬਰਾਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਅੱਜ ਪੰਜਾਬ ਬੰਦ ਦਾ ਸੱਦਾ, ਪਰਿਵਾਰ...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਅੱਜ ਪੰਜਾਬ ਬੰਦ ਦਾ ਸੱਦਾ, ਪਰਿਵਾਰ ਦਾ ਧਰਨਾ ਜਾਰੀ, ਹੁਣ ਤੱਕ ਕੀ ਕੁਝ ਹੋਇਆ

4
0

Source :- BBC PUNJABI

ਬੀਤੇ ਦਿਨੀਂ, ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ

ਪ੍ਰਕਾਸ਼ਿਤ

ਪੜ੍ਹਨ ਦਾ ਸਮਾਂ: 4 ਮਿੰਟ

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੇ ਸਬੰਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਇਸ ਸੱਦੇ ਨੂੰ ਕੁਝ ਸਿਆਸੀ ਆਗੂਆਂ ਵੱਲੋਂ ਵੀ ਸਮਰਥਨ ਮਿਲਿਆ ਹੈ।

ਬੀਤੇ ਮੰਗਲਵਾਰ ਨੂੰ ਮਾਨਸਾ ਦੇ ਬਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾ ਕੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ ਜਦਕਿ ਚਾਰ ਹੋਰ ਲੋਕ ਜ਼ਖਮੀ ਹੋ ਗਏ ਸਨ।

ਕਤਲ ਦਾ ਇਲਜ਼ਾਮ ਮਾਨਸਾ ਦੇ ਹੀ ਇੱਕ ਮੈਡੀਕਲ ਸਟੋਰ ਦੇ ਮਾਲਿਕ ‘ਤੇ ਲੱਗਿਆ ਹੈ।

ਪੰਜਾਬ ਦੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਬੰਦ ਬਾਰੇ ਸਮਰਥਨ ਦਿੰਦਿਆਂ ਆਪਣੇ ਐਕਸ ਹੈਂਡਲ ‘ਤੇ ਲਿਖਿਆ, “ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਭਾਰਤੀ ਜਨਤਾ ਪਾਰਟੀ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ।”

ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਕਿ ‘ਆਪ’ ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਹਾਲ ਰੱਖਣ ‘ਚ ਨਾਕਮਯਾਬ ਰਹੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਚਿੱਠੀ ਲਿੱਖ ਕੇ ਸਮੂਹ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ 15 ਅਕਤੂਬਰ 2026, ਵੀਰਵਾਰ ਨੂੰ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਵੀ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਹੈ।

ਮਾਮਲੇ ਵਿੱਚ ਹੁਣ ਤੱਕ ਹੋਰ ਕੀ ਕੁਝ ਹੋਇਆ?

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ ‘ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ।

ਮਾਨਸਾ ਦੇ ਸਿਵਲ ਹਸਪਤਾਲ ਵਿੱਚ ਅਤੇ ਤਿੰਨਕੋਣੀ ਚੌਂਕ, ਦੋ ਥਾਂਵਾਂ ‘ਤੇ ਧਰਨਾ ਲੱਗਿਆ ਹੋਇਆ ਹੈ।

ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖੀ ਗਈ ਹੈ।

ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਕਈ ਜਥੇਬੰਦੀਆਂ ਨੇ ਇਸ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਬੀਤੇ ਦਿਨੀਂ, ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ।

ਇਸ ਤੋਂ ਇਲਾਵਾ, ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਉਸਾਰੀ ਦੇ ਆਧਾਰ ‘ਤੇ ਮੁਲਜ਼ਮ ਦੇ ਘਰ ‘ਤੇ ਬੋਲਡੋਜ਼ਰ ਕਾਰਵਾਈ ਵੀ ਕੀਤੀ ਗਈ।

ਪਰਿਵਾਰ ਦੀਆਂ ਕੀ ਹਨ ਮੰਗਾਂ?

ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ

ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ ‘ਅਸਫਲ’ ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਸਸਕਾਰ ਤੋਂ ਇਨਕਾਰ ਕੀਤਾ ਹੈ। ਜਾਣਕਾਰੀ ਮੁਤਾਬਕ, ਪਰਿਵਾਰ ਦੀਆਂ ਮੰਗਾਂ ਇਹ ਹਨ:

  • ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ
  • ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਮੁਅੱਤਲ ਕੀਤਾ ਜਾਵੇ
  • ਡਾਕਟਰਾਂ ਦਾ ਪੈਨਲ ਬਣਾ ਕੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਇਆ ਜਾਵੇ
  • ਜ਼ਿਲ੍ਹੇ ਦੇ ਕਈ ਪੁਲਿਸ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਬਰਖਾਸਤ ਕੀਤਾ ਜਾਵੇ
  • ਪਰੀ-ਗੈਬਲਿਨ ਯਾਨੀ ਸਿਗਨੇਚਰ ਕੈਪਸੂਲ ਨੂੰ ਐੱਨਡੀਪੀਐੱਸ ਦੇ ਅਧੀਨ ਲਿਆਂਦਾ ਜਾਵੇ

ਮੰਗਾਂ ਨਾ ਮੰਨੇ ਜਾਣ ਤੱਕ ਮਾਨਸਾ ਵਿੱਚ ਲੱਗਿਆ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।

ਕਿਵੇਂ ਹੋਇਆ ਪਰਵਿੰਦਰ ਸਿੰਘ ਝੋਟਾ ਦਾ ਕਤਲ?

ਪਰਵਿੰਦਰ ਸਿੰਘ ਝੋਟਾ ਫ਼ਰੀ-ਸਟਾਈਲ ਕਬੱਡੀ ਖਿਡਾਰੀ ਰਹੇ ਸਨ ਅਤੇ ਉਨ੍ਹਾਂ ਨੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਆਪਣਾ ਸੰਗਠਨ ਬਣਾਇਆ ਸੀ

ਮੰਗਲਵਾਰ ਨੂੰ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਿਕ ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਨਾਮ ਦੇ ਵਿਅਕਤੀ ਖਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਵਿੱਚ ਝੋਟਾ, ਦੁਕਾਨ ਮਾਲਿਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।

ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਮਿੰਦਰ ਸਿੰਘ ਝੋਟਾ ਨੂੰ ਲੱਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ। ਇੱਕ ਹੋਰ ਵੀਡੀਓ ਵਿਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਨਾਮ ਦਾ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਅਵਾਜ਼ ਇਸ ਵੀਡੀਓ ਵਿਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ, ਜ਼ਖਮੀ ਹਾਲਤ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਸਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ।

ਉਹ ‘ਐਂਟੀ ਡਰੱਗ ਟਾਸਕ ਫੋਰਸ’ ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ, ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ। ਉਨ੍ਹਾਂ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਸਨ ਤੇ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI