Home rss national punjabi2ਰਾਸ਼ਟਰੀ ਖ਼ਬਰਾਂ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਹੀ ਸਥਾਈ ਡੀਜੀਪੀ ਕੀਤਾ ਨਿਯੁਕਤ, ਜਾਣੋ...

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਹੀ ਸਥਾਈ ਡੀਜੀਪੀ ਕੀਤਾ ਨਿਯੁਕਤ, ਜਾਣੋ ਕਿਹੜੇ ਕਾਰਨਾਂ ਕਰਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਰਹਿ ਚੁੱਕੇ ਹਨ

3
0

Source :- BBC PUNJABI

ਡੀਜੀਪੀ ਗੌਰਵ ਯਾਦਵ, ਸੀਐੱਮ ਭਗਵੰਤ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ

ਪੰਜਾਬ ਸਰਕਾਰ ਨੇ ਆਖ਼ਰ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਕਰੀਬ ਚਾਰ ਸਾਲ ਦੇ ਅਰਸੇ ਮਗਰੋਂ ਪੰਜਾਬ ਨੂੰ ਰੈਗੂਲਰ ਡੀਜੀਪੀ ਮਿਲਿਆ ਹੈ। ਗੌਰਵ ਯਾਦਵ ਦੀ ਸੇਵਾਮੁਕਤੀ 30 ਅਪ੍ਰੈਲ 2029 ਨੂੰ ਹੋਣੀ ਹੈ ਪਰ ਪੱਕੀ ਨਿਯੁਕਤੀ ਨਾਲ ਹੁਣ ਉਨ੍ਹਾਂ ਨੂੰ ਘੱਟੋ-ਘੱਟ 2 ਸਾਲ ਦਾ ਨਿਸ਼ਚਿਤ ਕਾਰਜਕਾਲ ਮਿਲੇਗਾ।

ਯਾਦ ਰਹੇ ਕਿ ਰੈਗੂਲਰ ਡੀਜੀਪੀ ਲਗਾਏ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਲਗਾਤਾਰ ਸਵਾਲ ਹੋ ਰਹੇ ਸਨ।

ਰੈਗੂਲਰ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਗਈ ਇੱਕ ਪੀਆਈਐੱਲ ਦੇ ਤਹਿਤ ਵਿਚਾਰ ਅਧੀਨ ਸੀ ਅਤੇ ਇਸ ਮਾਮਲੇ ਉੱਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਰੈਗੂਲਰ ਡੀਜੀਪੀ ਵਜੋਂ ਗੌਰਵ ਯਾਦਵ ਨੂੰ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਤਿੰਨ ਆਈਪੀਐੱਸ ਅਧਿਕਾਰੀਆਂ ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਤੇ ਗੌਰਵ ਯਾਦਵ ਦਾ ਨਾਮ ਪੈਨਲ ਵਿੱਚ ਸੂਚੀਬੱਧ ਕੀਤਾ ਗਿਆ ਸੀ, ਜਿਸ ਵਿਚੋਂ ਗੌਰਵ ਯਾਦਵ ਦੇ ਨਾਮ ਉੱਤੇ ਮੋਹਰ ਲੱਗ ਗਈ।

ਚਾਰ ਸਾਲ ਬਾਅਦ ਮਿਲਿਆ ਪੰਜਾਬ ਨੂੰ ਸਥਾਈ ਡੀਜੀਪੀ

ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਜੌਨਪੁਰ ਨਾਲ ਸਬੰਧਤ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਡੀਜੀਪੀ ਦੇ ਅਹੁਦੇ ਉੱਤੇ ਨਿਯੁਕਤ ਹੋਣ ਤੋਂ ਬਾਅਦ ਉਹ ਪੁਲਿਸ ਵਿਭਾਗ ਦੇ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

4 ਜੁਲਾਈ 2022 ਨੂੰ ਪੰਜਾਬ ਸਰਕਾਰ ਵੱਲੋਂ ਤਤਕਾਲੀ ਡੀਜੀਪੀ ਵੀ.ਕੇ. ਭਾਵਰਾ ਦੇ ਛੁੱਟੀ ਉੱਤੇ ਜਾਣ ਤੋਂ ਬਾਅਦ ਗੌਰਵ ਯਾਦਵ ਨੂੰ ਅਸਥਾਈ (ਓਫਿਸ਼ੀਏਟਿੰਗ) ਡੀਜੀਪੀ ਨਿਯੁਕਤ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਲਗਾਤਾਰ ਉਹ ਇਸ ਅਹੁਦੇ ਉੱਤੇ ਬਣੇ ਹੋਏ ਸਨ।

ਡੀਜੀਪੀ ਗੌਰਵ ਯਾਦਵ

ਤਤਕਾਲੀ ਡੀਜੀਪੀ ਵੀ.ਕੇ. ਭਾਵਰਾ ਨੂੰ ਹਟਾ ਕੇ ਅਤੇ ਯੂ.ਪੀ.ਐਸ.ਸੀ. ਵੱਲੋਂ ਭੇਜੇ ਜਾਣ ਵਾਲੇ ਪੈਨਲ ਦੀ ਪ੍ਰਕਿਰਿਆ ਨੂੰ ਬਾਈਪਾਸ ਕਰ ਕੇ ਉਨ੍ਹਾਂ ਨੂੰ ਅਸਥਾਈ ਡੀਜੀਪੀ ਲਗਾਉਣ ਉੱਤੇ ਉਸ ਸਮੇਂ ਵਿਰੋਧੀ ਧਿਰਾਂ ਵੱਲੋਂ ਸਵਾਲ ਵੀ ਚੁੱਕੇ ਗਏ ਸਨ।

ਰੈਗੂਲਰ ਡੀਜੀਪੀ ਨਿਯੁਕਤ ਹੋਣ ਤੋਂ ਬਾਅਦ ਗੌਰਵ ਯਾਦਵ ਨੇ ਆਪਣੇ ਵੀਡੀਓ ਸੁਨੇਹੇ ਵਿੱਚ ਆਖਿਆ “ਮੈਂ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ। ਦੇਸ਼ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਗੌਰਵ ਯਾਦਵ ਮੁਤਾਬਕ ਪੰਜਾਬ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਹ ਚਾਹੇ ਭਾਰਤ ਵਿੱਚ ਜਾਂ ਵਿਦੇਸ਼ ਵਿੱਚ ਕਿਤੇ ਵੀ ਛੁਪੇ ਹੋਣ, ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਦੇ ਕਟਹਿਰੇ ਵਿੱਚ ਲਿਆਵੇਗੀ।

ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਵਿਰੁੱਧ ਕਾਰਵਾਈਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਆਖਿਆ ਆਉਣ ਵਾਲੇ ਦਿਨਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਸੰਗਠਿਤ ਅਪਰਾਧ ਨੂੰ ਖ਼ਤਮ ਕਰਨਾ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤਬਾਹ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਨਸ਼ਾ-ਮੁਕਤ ਬਣਾਉਣ ਲਈ ਦ੍ਰਿੜ੍ਹਤਾ ਨਾਲ ਉਹ ਵਚਨਬੱਧ ਹਨ।

ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਹੜੀਆਂ ਘਟਨਾਵਾਂ ਹੋਈਆਂ ਤੇ ਕੀ ਸਵਾਲ ਉੱਠੇ

ਗੌਰਵ ਯਾਦਵ ਦੇ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤੀ ਤੋਂ ਬਾਅਦ ਸਮੇਂ-ਸਮੇਂ ਉੱਤੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਗਏ। ਖ਼ਾਸ ਤੌਰ ਉੱਤੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ ਕਾਰਨ ਉਹ ਸਭ ਤੋਂ ਵੱਧ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਉੱਤੇ ਰਹੇ। ਰੈਗੂਲਰ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪੀਆਈਐੱਲ ਵੀ ਦਾਖ਼ਲ ਕੀਤੀ ਗਈ ਸੀ ਜੋ ਕਿ ਹੁਣ ਵੀ ਵਿਚਾਰ ਅਧੀਨ ਹੈ।

ਅਮਨ-ਕਾਨੂੰਨ ਅਤੇ ਹਾਈ-ਪ੍ਰੋਫਾਈਲ ਮਾਮਲੇ : ਉਨ੍ਹਾਂ ਦੇ ਕਾਰਜਕਾਲ ਦੌਰਾਨ ਅਜਨਾਲਾ ਥਾਣਾ ਕਾਂਡ (ਫਰਵਰੀ 2023) ਅਤੇ ਵਾਰਿਸ ਪੰਜਾਬ ਦੇ ਸਿਆਸੀ ਪਾਰਟੀ ਦੇ ਸਰਪ੍ਰਸਤ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਦੌਰਾਨ ਪੰਜਾਬ ਪੁਲਿਸ ਦੀਆਂ ਕਾਰਵਾਈਆਂ ‘ਤੇ ਜਨਤਕ ਅਤੇ ਸਿਆਸੀ ਪੱਧਰ ਉੱਤੇ ਕਈ ਸਵਾਲ ਖੜ੍ਹੇ ਹੋਏ।

ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਕਰਮਚਾਰੀਆਂ ਦੀਆਂ ਪਿਛਲੇ ਸਮੇਂ ਦੌਰਾਨ ਹੋਈਆਂ ਹੱਤਿਆਵਾਂ ਕਾਰਨ ਪੰਜਾਬ ਪੁਲਿਸ ਦੇ ਮੁਖੀ ਉੱਤੇ ਸਵਾਲ ਉੱਠੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫਿਰੌਤੀ ਦੀਆਂ ਘਟਨਾਵਾਂ ਵਿੱਚ ਇਜ਼ਾਫਾ, ਗੈਂਗਸਟਰ ਦੀਆਂ ਵਧਦੀਆਂ ਵਾਰਦਾਤਾਂ ਕਾਰਨ ਉਹ ਸਵਾਲਾਂ ਦੇ ਘੇਰੇ ਵਿੱਚ ਰਹੇ।

ਹਾਲਾਂਕਿ ਪੰਜਾਬ ਵੱਲੋਂ ਗੈਂਗਸਟਰਾਂ ‘ਤੇ ਕਾਬੂ ਪਾਉਣ ਲਈ “ਗੈਂਗਸਟਰਾਂ ਉੱਤੇ ਵਾਰ” ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਕਈ ਮੁਲਜ਼ਮਾਂ ਨੂੰ ਕਾਬੂ ਵੀ ਕੀਤਾ ਗਿਆ ਹੈ ਅਤੇ ਪੁਲਿਸ ਮੁਤਾਬਕ ਕਈ ਨਾਮੀ ਮੁਲਜ਼ਮਾਂ ਜੋ, ਵਿਦੇਸ਼ਾਂ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੂੰ ਵੀ ਵਾਪਸ ਲਿਆਂਦਾ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ, ਪੁਲਿਸ ਹਿਰਾਸਤੀ ਘਟਨਾਵਾਂ ਅਤੇ ਹਾਈ-ਪ੍ਰੋਫਾਈਲ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈਕੋਰਟ ਵੱਲੋਂ ਸਮੇਂ-ਸਮੇਂ ‘ਤੇ ਡੀਜੀਪੀ ਨੂੰ ਹਲਫ਼ਨਾਮੇ ਦਾਇਰ ਕਰਨ ਜਾਂ ਨਿੱਜੀ ਤੌਰ ‘ਤੇ ਸਪਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਗਏ।

ਨਸ਼ੇ ਦੇ ਮੁੱਦੇ ਉੱਤੇ ਸਵਾਲ

ਸੀਐੱਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵਧਦਾ ਨਸ਼ਾ, ਨਸ਼ੇ ਕਾਰਨ ਹੋਈਆਂ ਮੌਤਾਂ ਅਤੇ ਨਸ਼ੇ ਦੀ ਸਮੱਗਲਿੰਗ ਪੰਜਾਬ ਦਾ ਚਰਚਿਤ ਮੁੱਦਾ ਹੈ ਅਤੇ ਇਸ ਉੱਤੇ ਕਾਬੂ ਪਾਉਣ ਵਿੱਚ ਸਫਲ ਨਾ ਹੋਣ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਉੱਤੇ ਹੈ।

ਹਾਲਾਂਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਪੰਜਾਬ ਸਰਕਾਰ ਅਤੇ ਪੁਲਿਸ ਮੁਤਾਬਕ ਇਸ ਤਹਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸੰਪਤੀ ਜ਼ਬਤ ਕੀਤੀ ਜਾ ਰਹੀ ਹੈ।

14 ਸਤੰਬਰ ਨੂੰ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਉਸ ਸਮੇਂ ਕਾਰਜਕਾਰੀ ਡੀਜੀਪੀ ਵਜੋਂ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਹੋਈ ਕਾਰਵਾਈ ਦੇ ਵੇਰਵੇ ਦਿੱਤੇ ਗਏ ਸਨ।

ਜਿਸ ਮੁਤਾਬਕ ਮੁਹਿੰਮ ਦੀ ਸ਼ੁਰੂਆਤ ਯਾਨੀ 1 ਮਾਰਚ 2025 ਤੋਂ 10 ਸਤੰਬਰ 2026 ਤੱਕ 60,582 ਐੱਫਆਈਆਰ ਦਰਜ ਕੀਤੀਆਂ ਗਈਆਂ ਸਨ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਪ੍ਰੈਸ ਕਾਨਫਰੰਸ ਦੌਰਾਨ ਗੌਰਵ ਯਾਦਵ ਨੇ ਦੱਸਿਆ ਸੀ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ, 46 ਟਨ ਭੁੱਕੀ, 1,325 ਕਿਲੋ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸ਼ਾਮਲ ਸੀ। ਡੀਜੀਪੀ ਨੇ ਦੱਸਿਆ ਸੀ ਕਿ ਇਸ ਬਰਾਮਦਗੀ ਨਾਲ ਦੇਸ਼ ਭਰ ਦੀ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਲਗਭਗ 60 ਫ਼ੀਸਦ ਹੈ।

ਰੈਗੂਲਰ ਡੀਜੀਪੀ ਵਜੋਂ ਨਿਯੁਕਤੀ ਮਿਲਣ ਤੋਂ ਬਾਅਦ ਗੌਰਵ ਯਾਦਵ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿੱਚ ਨਸ਼ੇ ਦੇ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਆਪ ਦੇ ਮੰਚ ਉੱਤੇ ਡੀਜੀਪੀ ਦੀ ਮੌਜੂਦਗੀ ਕਾਰਨ ਵਿਵਾਦ

ਫਰਵਰੀ 2026 ਵਿੱਚ ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਵਿਰੋਧੀ ਰੈਲੀ ਕਰਵਾਈ ਗਈ। ਰੈਲੀ ਦੇ ਮੰਚ ਉੱਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਦੇ ਨਾਲ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰੈਲੀ ਨੂੰ ਸੰਬੋਧਨ ਕੀਤਾ।

ਵਿਰੋਧੀ ਧਿਰਾਂ (ਖ਼ਾਸ ਕਰ ਕੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ) ਨੇ ਉੱਚ ਨੌਕਰਸ਼ਾਹਾਂ ਵੱਲੋਂ ਸਿਆਸੀ ਮੰਚ ਸਾਂਝਾ ਕਰਨ, ਤਾਕਤ ਦੀ ਦੁਰਵਰਤੋਂ ਕਰਨ ਅਤੇ ਪੱਖਪਾਤ ਕਰਨ ਦੇ ਇਲਜ਼ਾਮ ਲਗਾਏ। ਪਰ ਪੰਜਾਬ ਸਰਕਾਰ ਨੇ ਇਸ ਪਿੱਛੇ ਤਰਕ ਦਿੱਤਾ ਸੀ ਕਿ ਮੋਗਾ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਵਿਰੁੱਧ ਰਾਜ ਪੱਧਰੀ ਸਰਕਾਰੀ ਸਮਾਗਮ ਕਰਵਾਇਆ ਸੀ ਅਤੇ ਪੰਜਾਬ ਪੁਲਿਸ ਮੁਖੀ ਨੇ ਨਸ਼ੇ ਦੇ ਖ਼ਿਲਾਫ਼ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਅੰਕੜਾ ਮੰਚ ਤੋਂ ਦਿੱਤਾ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI