Home rss national punjabi2ਰਾਸ਼ਟਰੀ ਖ਼ਬਰਾਂ ਅਮ੍ਰਿਤਪਾਲ ਸਿੰਘ ਨੂੰ ਮਿਲੀ ‘ਇੱਕ ਦਿਨ ਦੀ ਪੈਰੋਲ’, ਜਾਣੋ ਕਿਸ ਮਾਮਲੇ ‘ਚ...

ਅਮ੍ਰਿਤਪਾਲ ਸਿੰਘ ਨੂੰ ਮਿਲੀ ‘ਇੱਕ ਦਿਨ ਦੀ ਪੈਰੋਲ’, ਜਾਣੋ ਕਿਸ ਮਾਮਲੇ ‘ਚ ਅਤੇ ਕਦੋਂ ਤੋਂ ਜੇਲ੍ਹ ‘ਚ ਬੰਦ ਹਨ

5
0

Source :- BBC PUNJABI

ਅਮ੍ਰਿਤਪਾਲ ਸਿੰਘ

ਪੜ੍ਹਨ ਦਾ ਸਮਾਂ: 3 ਮਿੰਟ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਇੱਕ ਦਿਨ ਦੀ ਪੈਰੋਲ ਦੇ ਦਿੱਤੀ ਹੈ।

ਫਰਵਰੀ 2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ ‘ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਫਿਰ ਉਨ੍ਹਾਂ ਉੱਤੇ ਐੱਨਐੱਸਏ ਵੀ ਲਾਇਆ ਗਿਆ ਸੀ। ਉਹ ਲਗਭਗ ਪਿਛਲੇ ਸਾਢੇ ਤਿੰਨ ਸਾਲ ਤੋਂ ਜੇਲ੍ਹ ਵਿੱਚ ਹਨ।

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ, ਪੈਰੋਲ ‘ਤੇ ਫੈਸਲਾ ਆਉਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਕਰਮਵੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, ‘ਅੱਜ ਅੰਮ੍ਰਿਤਪਾਲ ਸਿੰਘ ਦੇ ਪੈਰੋਲ ਦੇ ਮਾਮਲੇ ‘ਚ ਸੁਣਵਾਈ ਹੋਈ ਹੈ, ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਿਲ ਹੋ ਸਕਣ।’

ਉਨ੍ਹਾਂ ਕਿਹਾ ਕਿ ‘ਅਸੀਂ ਅਮ੍ਰਿਤਪਾਲ ਸਿੰਘ ਲਈ 3 ਦਿਨਾਂ ਦੀ ਪੈਰੋਲ ਮੰਗੀ ਸੀ ਪਰ ਅਦਾਲਤ ਨੇ ਅਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਹੈ ਅਤੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਭਰਾ ਨੂੰ 2 ਦਿਨ ਦੀ ਰਾਹਤ ਦਿੱਤੀ ਹੈ।’

ਉਨ੍ਹਾਂ ਇਹ ਵੀ ਦੱਸਿਆ ਕਿ ”ਇਸ ਸਬੰਧ ਵਿੱਚ ਸਾਰਾ ਖ਼ਰਚ ਸਾਡੇ ਵੱਲੋਂ ਜਮ੍ਹਾਂ ਕਰਵਾਇਆ ਜਾਵੇਗਾ।”

ਉਨ੍ਹਾਂ ਕਿਹਾ ਕਿ ਬਾਕੀ ਜਾਣਕਾਰੀ ਡਿਟੇਲ ਆਰਡਰ ਆਉਣ ਤੋਂ ਬਾਅਦ ਸਾਂਝਾ ਕੀਤੀ ਜਾ ਸਕੇਗੀ।

ਵਕੀਲ ਕਰਮਵੀਰ ਸਿੰਘ

ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

ਅਜਨਾਲਾ ਥਾਣੇ ਦਾ ਮਾਮਲਾ

23 ਫਰਵਰੀ 2023 ਨੂੰ ਅਮ੍ਰਿਤਪਾਲ ਸਿੰਘ ਨੇ ਆਪਣੇ ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।

ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।

15 ਫ਼ਰਵਰੀ 2023 ਨੂੰ ਅੰਮ੍ਰਿਤਸਰ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

ਵਰਿੰਦਰ ਦੀ ਸ਼ਿਕਾਇਤ ‘ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।

22 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਨੇ ਇੱਕ ਪ੍ਰੈਸ ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।

ਕਦੋਂ ਹੋਈ ਸੀ ਗ੍ਰਿਫ਼ਤਾਰੀ

ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪ੍ਰਾਪਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।

ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਸੀ ਜੋ 36 ਦਿਨਾਂ ਤੱਕ ਚੱਲੀ।

ਅਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਤੇ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਇੱਕ ਸਾਂਝੀ ਟੀਮ ਨੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਪਿੰਡ ਰੋਡੇ ਤੋਂ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਐਤਵਾਰ ਸਵੇਰੇ ਰੋਡੇ ਪਿੰਡ ਤੋਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਇੱਕ ਵੀਡੀਓ ਜਾਰੀ ਕਰਕੇ 6.45 ਉੱਤੇ ਅਮ੍ਰਿਤਪਾਲ ਵਲੋਂ ਆਤਮ-ਸਮਰਪਣ ਦੀ ਖ਼ਬਰ ਸਾਂਝੀ ਕੀਤੀ ਸੀ।

ਇਸ ਵੀਡੀਓ ਵਿੱਚ ਅਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੁੰਦੇ ਦਿਖ ਰਹੇ ਸਨ। ਉਨ੍ਹਾਂ 4-5 ਮਿੰਟ ਲ਼ਈ ਹਾਜ਼ਰ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰੇ ਦੇ ਬਾਹਰ ਖੜ੍ਹੀ ਪੁਲਿਸ ਨਾਲ ਗੱਡੀ ਵਿੱਚ ਬੈਠ ਕੇ ਚਲੇ ਗਏ।

ਜਿਸ ਤੋਂ ਬਾਅਦ ਉਸੇ ਦਿਨ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਕਿਉਂਕਿ ਉਨ੍ਹਾਂ ਉੱਤੇ ਐੱਨਐੱਸਏ ਪਹਿਲਾਂ ਹੀ ਲੱਗ ਚੁੱਕਿਆ ਸੀ। ਇਸ ਜੇਲ੍ਹ ਵਿੱਚ ਉਨ੍ਹਾਂ ਦੇ 9 ਸਾਥੀ ਪਹਿਲਾਂ ਹੀ ਬੰਦ ਸਨ।

ਕਦੋਂ ਖਤਮ ਹੋਇਆ ਅਮ੍ਰਿਤਪਾਲ ‘ਤੇ ਲੱਗਿਆ ਐੱਨਐੱਸਏ

ਅਮ੍ਰਿਤਪਾਲ ਸਿੰਘ

ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਖਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਾਲ 2023 ਵਿੱਚ ਲਗਾਇਆ ਗਿਆ ਸੀ ਜਿਸ ਨੂੰ ਸਾਲ 2024 ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।

ਫਿਰ ਸਾਲ 2025 ਵਿੱਚ ਵੀ ਇਸ ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ।

ਅਮ੍ਰਿਤਪਾਲ ਸਿੰਘ ਉੱਤੇ ਐੱਨਐੱਸਏ 22 ਅਪ੍ਰੈਲ ਨੂੰ ਖ਼ਤਮ ਹੋਇਆ ਸੀ, ਇਸ ਮਗਰੋਂ ਪੰਜਾਬ ਪੁਲਿਸ ਦੀ ਟੀਮ ਅਸਾਮ ਗਈ, ਗ੍ਰਿਫ਼ਤਾਰੀ ਮਗਰੋਂ ਵੀ ਸੁਰੱਖਿਆ ਅਤੇ ਹੋਰ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆ ਹੈ।

ਐੱਨਐੱਸਏ ਹਟਾਏ ਜਾਣ ਤੋਂ ਬਾਅਦ ਅਮ੍ਰਿਤਪਾਲ ਸਿੰਘ ‘ਤੇ ਪੰਜਾਬ ‘ਚ ਦਰਜ ਕਰੀਬ 12 ਕੇਸ ਹਨ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI