Home rss national punjabi2ਰਾਸ਼ਟਰੀ ਖ਼ਬਰਾਂ ਕੌਣ ਸੀ ਪਰਵਿੰਦਰ ਸਿੰਘ ਝੋਟਾ ਜਿਸ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ...

ਕੌਣ ਸੀ ਪਰਵਿੰਦਰ ਸਿੰਘ ਝੋਟਾ ਜਿਸ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਉਸ ਨਾਲ ਕੀ ਵਿਵਾਦ ਜੁੜੇ ਰਹੇ

5
0

Source :- BBC PUNJABI

ਪਰਵਿੰਦਰ ਸਿੰਘ ਝੋਟਾ

ਪ੍ਰਕਾਸ਼ਿਤ

ਪੜ੍ਹਨ ਦਾ ਸਮਾਂ: 5 ਮਿੰਟ

ਮਾਨਸਾ ਦੇ ਬਜ਼ਾਰ ਵਿੱਚ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚੱਲੀਆਂ। ਘਟਨਾ ਵਿੱਚ ਖੁਦ ਨੂੰ ਨਸ਼ਿਆਂ ਵਿਰੋਧੀ ਕਾਰਕੁਨ ਦੱਸਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ।

ਮਾਨਸਾ ਤੋਂ ਬੀਬੀਸੀ ਸਹਿਯੋਗੀ ਰਾਜੇਸ਼ ਗੋਲਡੀ ਨੂੰ ਮਾਨਸਾ ਦੇ ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ, ਇੱਕ ਫਾਇਰ ਪਰਵਿੰਦਰ ਸਿੰਘ ਝੋਟਾ ਦੇ ਸੱਜੇ ਪੱਟ ਅਤੇ ਦੋ ਫਾਇਰ ਪੇਟ ਵਿਚ ਹੋਏ ਹਨ। ਜਾਣਕਾਰੀ ਮੁਤਾਬਕ ਘਟਨਾ ਵਿੱਚ ਚਾਰ ਹੋਰ ਲੋਕ ਵੀ ਜ਼ਖਮੀ ਹੋਏ ਹਨ।

ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਚੌਵੀ ਘੰਟਿਆਂ ਅੰਦਰ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਸਾਹਮਣੇ ਆਏਗਾ, ਉਸ ਮੁਤਾਬਕ ਕਾਰਵਾਈ ਕੀਤੀ ਜਾਏਗੀ।

ਘਟਨਾ ਤੋਂ ਬਾਅਦ ਸੂਬਾ ਸਰਕਾਰ ਵੀ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਪੀ, ਐਸਡੀਐਮ ਅਤੇ ਡੀਐਸਪੀਜ਼ ਨਾਲ ਹਾਈ ਲੈਵਲ ਮੀਟਿੰਗ ਸੱਦੀ ਹੈ।

ਆਮ ਆਦਮੀ ਪਾਰਟੀ ਦੇ ਅਧਿਕਾਰਕ ਬੁਲਾਰੇ ਬਲਤੇਜ ਪੰਨੂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ, ‘ਕੋਈ ਵੀ ਵਿਅਕਤੀ ਜੋ ਕਾਨੂੰਨ ਹੱਥ ਵਿਚ ਲਵੇਗਾ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।’

ਪਰਵਿੰਦਰ ਸਿੰਘ ਝੋਟਾ

ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਿਕ ਦੀ ਮੈਡੀਕਲ ਸਟੋਰ ਅੰਦਰ ਨਸ਼ਾ ਵੇਚਣ ਦੇ ਇਲਜ਼ਾਮ ਬਾਰੇ ਬਹਿਸ ਹੋ ਰਹੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਨਾਮੀਂ ਵਿਅਕਤੀ ਖਿਲਾਫ਼ ਪੁਲਿਸ ਨੂੰ ਫੋਨ ਕਰਨ ਦੀ ਗੱਲ ਕਹਿ ਰਹੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਜਿਸ ਵਿੱਚ ਝੋਟਾ, ਦੁਕਾਨ ਮਾਲਿਕ ਨੂੰ ਪਿਸਤੌਲ ਨਾਲ ਫਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦੇ ਰਹੇ ਹਨ।

ਕੁਝ ਸਮੇਂ ਬਾਅਦ ਫਾਇਰ ਹੁੰਦਾ ਹੈ ਜੋ ਕਿ ਪਰਮਿੰਦਰ ਸਿੰਘ ਝੋਟਾ ਨੂੰ ਲਗਦਾ ਹੈ। ਉਹ ਮੈਡੀਕਲ ਸਟੋਰ ਤੋਂ ਬਾਹਰ ਹੋ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਜਾਂਦੇ ਹਨ। ਇੱਕ ਹੋਰ ਵੀਡੀਓ ਵਿਚ ਦਿਖਾਈ ਦਿੰਦਾ ਹੈ ਕਿ ਅਸ਼ਵਨੀ ਨਾਮੀ ਵਿਅਕਤੀ ਹੱਥ ਵਿੱਚ ਪਿਸਤੌਲ ਲੈ ਕੇ ਬਜ਼ਾਰ ਵਿੱਚ ਪਿੱਛੇ ਜਾਂਦਾ ਹੈ। ਇੱਕ ਹੋਰ ਫਾਇਰ ਹੋਣ ਦੀ ਅਵਾਜ਼ ਇਸ ਵੀਡੀਓ ਵਿਚ ਸੁਣਾਈ ਦਿੰਦੀ ਹੈ ਅਤੇ ਫਿਰ ਉਹ ਸ਼ਖਸ ਪਿਸਤੌਲ ਲੈ ਕੇ ਵਾਪਸ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ ਜ਼ਖਮੀ ਹਾਲਤ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਲਿਜਾਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮਾਨਸਾ ਦੇ ਐੱਸਐੱਮਓ ਡਾਕਟਰ ਗੁਰਮੇਲ ਸਿੰਘ ਮੁਤਾਬਕ ਦੋ ਹੋਰ ਜਣਿਆਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਦੋ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਪਰਵਿੰਦਰ ਝੋਟਾ ਦੇ ਪਰਿਵਾਰ ਨੇ ਕੀ ਕਿਹਾ ?

ਪਰਵਿੰਦਰ ਸਿੰਘ ਝੋਟਾ

ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ ‘ਅਸਫਲ’ ਪੰਜਾਬ ਸਰਕਾਰ ਦੀ ਬਰਖਾਸਤਗੀ ਦੀ ਮੰਗ ਕੀਤੀ।

ਉਨ੍ਹਾਂ ਫ਼ਿਲਹਾਲ ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਕਮੇਟੀ ਜੋ ਫ਼ੈਸਲਾ ਕਰੇਗੀ ਉਸ ਮੁਤਾਬਕ ਚੱਲਾਂਗੇ।

ਉਨ੍ਹਾਂ ਕਿਹਾ, “ਮੇਰਾ ਪੁੱਤ ਅੱਜ ਮਰ ਗਿਆ ਪਰ ਉਸ ਨੇ ਹਜ਼ਾਰਾਂ ਧੀਆਂ ਪੁੱਤ ਬਚਾ ਦਿੱਤੇ। “

ਕੌਣ ਸਨ ਪਰਵਿੰਦਰ ਸਿੰਘ ਝੋਟਾ ?

ਪਰਵਿੰਦਰ ਸਿੰਘ ਝੋਟਾ

ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦਾ ਰਹਿਣ ਵਾਲੇ ਹਨ। ਉਹ ਫ਼ਰੀ ਸਟਾਈਲ ਕਬੱਡੀ ਖਿਡਾਰੀ ਵੀ ਰਹੇ ਹਨ।

ਉਹ ‘ਐਂਟੀ ਡਰੱਗ ਟਾਸਕ ਫੋਰਸ’ ਬਣਾਉਣ ਨਾਲ ਕੁਝ ਸਾਲ ਪਹਿਲਾਂ ਚਰਚਾ ਵਿਚ ਆਏ ਸਨ ਜਦੋਂ ਆਪਣਾ ਸੰਗਠਨ ਬਣਾ ਕੇ ਕਥਿਤ ਨਸ਼ਾ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ।

ਬੀਬੀਸੀ ਪੰਜਾਬੀ ਦੀ ਜੁਲਾਈ 2023 ਨੂੰ ਪ੍ਰਕਾਸ਼ਿਤ ਹੋਈ ਇੱਕ ਰਿਪੋਰਟ ਮੁਤਾਬਕ ਪਹਿਲਾਂ ਵੀ ਪਰਵਿੰਦਰ ਝੋਟਾ ਅਤੇ ਮੈਡੀਕਲ ਸਟੋਰ ਦੇ ਮਾਲਿਕ ਅਸ਼ਵਨੀ ਕੁਮਾਰ ਵਿਚਕਾਰ ਵਿਵਾਦ ਰਿਹਾ ਹੈ।

ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ, 12 ਜੁਲਾਈ 2023 ਦੀ ਸ਼ਾਮ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਆਪਣੇ 7-8 ਸਮਰਥਕਾਂ ਨਾਲ ਮੈਡੀਕਲ ਸਟੋਰ ਅੰਦਰ ਦਾਖ਼ਲ ਹੋ ਗਿਆ ਅਤੇ ਸਟੋਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਮਿਲਿਆ।

ਪੁਲਿਸ ਮੁਤਾਬਕ, ਫਿਰ ਝੋਟਾ ਨੇ ਜ਼ਬਰਦਸਤੀ ਉਸ ਮੈਡੀਕਲ ਸਟੋਰ ਨੂੰ ਤਾਲਾ ਲਗਾ ਦਿੱਤਾ ਅਤੇ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਮੁੱਖ ਬਾਜ਼ਾਰ, ਮਾਨਸਾ ਰਾਹੀਂ ਸਿਟੀ ਥਾਣੇ ਲੈ ਗਿਆ। ਇਸੇ ਘਟਨਾ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਸੁਰਖੀਆਂ ਵਿੱਚ ਆਇਆ ਸੀ।

ਅਸ਼ਵਨੀ ਕੁਮਾਰ ਵਿਰੁੱਧ 188 ਆਈਪੀਸੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਉਸੇ ਰਾਤ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

ਪਰ ਪੁਲਿਸ ਨੇ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ 5 ਹੋਰਾਂ ਖ਼ਿਲਾਫ਼ ਧਾਰਾ 355, 451, 323,148,149 ਆਈਪੀਸੀ ਤਹਿਤ ਐੱਫਆਈਆਰ ਦਰਜ ਕਰ ਲਈ ਪਰਵਿੰਦਰ ਝੋਟਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ।

19 ਜੁਲਾਈ 2023 ਨੂੰ ਪ੍ਰਕਾਸ਼ਿਤ ਬੀਬੀਸੀ ਪੰਜਾਬੀ ਦੀ ਰਿਪੋਰਟ ਮੁਤਾਬਕ ਪੁਲਿਸ ਦਾ ਇਲਜ਼ਾਮ ਸੀ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਝੋਟਾ ਇਕੱਲਾ ਅਤੇ ਇੱਕ ਵਾਰ ਆਪਣੇ ਇੱਕ ਸਾਥੀ ਨਾਲ ਮੈਡੀਕਲ ਦੀ ਦੁਕਾਨ ‘ਤੇ ਗਿਆ ਸੀ ਅਤੇ ਮਾਲਕ ਦੇ ਵਿਰੋਧ ਦੇ ਬਾਵਜੂਦ ਦੁਕਾਨ ਦੇ ਦਰਾਜ ‘ਚੋਂ ਪੈਸੇ ਕੱਢ ਲਏ ਸੀ।

ਇਸੇ ਤਰ੍ਹਾਂ ਉਹ ਹੋਰਾਂ ਨੂੰ ਵੀ ਪੈਸੇ ਦੇਣ ਲਈ ਧਮਕੀਆਂ ਦੇਣ ਦਾ ਇਲਜ਼ਾਮ ਸੀ। ਉਸ ਦੇ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ ਤੇ ਉਸ ਨੂੰ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਪਰ ਨਾਲ ਹੀ ਕਈ ਮਾਮਲਿਆਂ ਵਿਚ ਉਸ ਨੂੰ ਬਰੀ ਵੀ ਕੀਤਾ ਗਿਆ ਹੈ।

ਪੁਲਿਸ ਵੱਲੋਂ ਝੋਟਾ ਨੂੰ 5 ਜੂਨ 2023 ਨੂੰ ਇੱਕ ਇਰਾਦਾ-ਏ-ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਸ ਵੇਲੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮਾਨਸਾ ਸ਼ਹਿਰ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਮਗਰੋਂ ਪੁਲਿਸ ਨੇ ਮਾਮਲੇ ਨੂੰ ਵਾਪਿਸ ਲੈ ਕੇ ਝੋਟਾ ਨੂੰ ਛੱਡ ਦਿੱਤਾ ਗਿਆ ਸੀ।

ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ‘ਆਪ’ ਸਰਕਾਰ

ਪੁਲਿਸ ਟੀਮ ਮੁਆਇਆ ਕਰਦੇ ਹੋਏ।

ਵਿਰੋਧੀ ਪਾਰਟੀਆਂ ਨੇ ਘਟਨਾ ਤੋਂ ਬਾਅਦ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਲਿਖਿਆ ਕਿ ਇਹ ਘਿਨਾਉਣਾ ਕਤਲ ਇਸ ਗੱਲ ਨੂੰ ਸਪਸ਼ਟ ਤੌਰ ‘ਤੇ ਯਾਦ ਸਵਾਉਂਦਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ।

ਉਨ੍ਹਾਂ ਲਿਖਿਆ, “ਮ੍ਰਿਤਕ ਲਗਾਤਾਰ ਨਸਿਆ ਖ਼ਿਲਾਫ਼ ਅਵਾਜ਼ ਚੁੱਕ ਰਿਹਾ ਸੀ ਪਰ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਸ ਦਾ ਸਾਥ ਨਹੀਂ ਦਿੱਤਾ। ਬਹੁਤ ਪ੍ਰਚਾਰਿਆ ਗਿਆ ਯੁੱਧ ਨਸਿਆ ਵਿਰੁੱਧ ਇੱਕ ਡਰਾਮੇ ਤੋਂ ਬਿਨ੍ਹਾਂ ਕੁਝ ਵੀ ਨਹੀਂ ਅਤੇ ਇਹ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਇਆ ਹੈ।”

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ‘ਤੇ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕੱਤਲ਼ ਹੋਣਾ ਫੇਲ੍ਹ ਕਾਨੂੰਨ ਵਿਵਸਥਾ ਅਤੇ ਫੇਲ੍ਹ ‘ਯੁੱਧ ਨਸਿਆ ਵਿਰੁੱਧ’ ਦਾ ਨਤੀਜਾ ਹੈ।

ਉਨ੍ਹਾਂ ਇਹ ਵੀ ਲਿਖਿਆ, “ਪੀੜਤ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਹਮਦਰਦੀ ਹੈ। ਮੈਂ ਪਰਵਿੰਦਰ ਦੇ ਪਿਤਾ ਅਤੇ ਪਰਿਵਾਰ ਨੂੰ ਉਸ ਵੇਲੇ ਮਿਲਿਆ ਸੀ ਜਦੋਂ 2023 ਵਿੱਚ ਉਸ ‘ਤੇ ਝੂਠਾ ਇਲਜ਼ਾਮ ਲਗਾ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ।”

ਪੰਜਾਬ ਬੀਜੇਪੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਿਖਿਆ, “ਬਦਲਾਅ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਦੱਸੇ, ਕੀ ਇਹੀ ਹੈ ਤੁਹਾਡਾ ਬਦਲਾਅ ? ਭਗਵੰਤ ਮਾਨ ਜੀ, ਪੰਜਾਬੀਆਂ ‘ਤੇ ਰਹਿਮ ਕਰੋ, ਅਸਤੀਫਾ ਦਿਓ ਅਤੇ ਪੰਜਾਬ ਨੂੰ ਬਖਸ਼ ਦਿਓ।”

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

source : BBC PUNJABI